ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਣਨ ’ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਖੁਸ਼ੀ ਦਾ ਪ੍ਰਗਟਾਵਾ, ਸੰਗਤਾਂ ਨੂੰ ਵਧਾਈਆਂ
ਪੰਜਾਬ ਹੌਟਮੇਲ, ਜਲੰਧਰ (ਮਨਮੋਹਨ ਸਿੰਘ)। ਸਿੱਖ ਤਾਲਮੇਲ ਕਮੇਟੀ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਕਾਨੂੰਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਗਈ ਹੈ।

ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਰਣਜੀਤ ਸਿੰਘ ਨੋਨੀ, ਅਮਨਦੀਪ ਸਿੰਘ ਬੱਗਾ ਅਤੇ ਅਰਵਿੰਦਰ ਪਾਲ ਸਿੰਘ ਬੱਬਲੂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪਹਿਲਾਂ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀ ਕਈ ਵਾਰ ਕਾਨੂੰਨੀ ਕਾਰਵਾਈ ਤੋਂ ਬਚ ਨਿਕਲਦੇ ਸਨ ਜਾਂ ਛੇਤੀ ਜਮਾਨਤ ਹਾਸਲ ਕਰ ਲੈਂਦੇ ਸਨ, ਜਿਸ ਨਾਲ ਉਹ ਬੇਖੌਫ ਹੋ ਜਾਂਦੇ ਸਨ।
ਹੁਣ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਐਕਟ ਨੂੰ ਸਾਰੀਆਂ ਪਾਰਟੀਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਮਰਥਨ ਦਿੱਤਾ ਹੈ ਅਤੇ ਰਾਜਪਾਲ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਚੁੱਕਾ ਹੈ।
ਕਮੇਟੀ ਨੇ ਕਿਹਾ ਕਿ ਇਸ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀਆਂ ਨੂੰ ਛੇਤੀ ਜਮਾਨਤ ਨਹੀਂ ਮਿਲੇਗੀ, ਉਮਰ ਕੈਦ ਤੱਕ ਦੀ ਸਜ਼ਾ ਅਤੇ 25 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਬੇਅਦਬੀ ਕਰਨ ਤੋਂ ਪਹਿਲਾਂ ਸੌ ਵਾਰੀ ਸੋਚੇਗਾ। ਇਸ ਦੇ ਨਾਲ ਹੀ, ਪਹਿਲਾਂ ਮੰਦਬੁੱਧੀ ਹੋਣ ਦਾ ਹਵਾਲਾ ਦੇ ਕੇ ਬਚ ਨਿਕਲਣ ਵਾਲਿਆਂ ਦੇ ਮਾਮਲੇ ਵਿੱਚ ਪਰਿਵਾਰ ਨੂੰ ਵੀ ਜ਼ਿੰਮੇਵਾਰੀ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ।
ਸਿੱਖ ਤਾਲਮੇਲ ਕਮੇਟੀ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਸ ਮਸਲੇ ’ਤੇ ਸਿਆਸਤ ਨਾ ਕੀਤੀ ਜਾਵੇ, ਸਗੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਜਾਵੇ ਜਿਨ੍ਹਾਂ ਦੀ ਕਿਰਪਾ ਨਾਲ ਇਹ ਸੇਵਾ ਸੰਪੰਨ ਹੋਈ ਹੈ।
