ਗੁਰਦੁਆਰਾ ਬੰਗਲਾ ਸਾਹਿਬ ਵਿੱਚ ਪੁਲਿਸ ਦੇ ਦਾਖ਼ਲੇ ’ਤੇ ਸਿੱਖ ਤਾਲਮੇਲ ਕਮੇਟੀ ਨੇ ਜਤਾਇਆ ਰੋਸ
ਕਿਹਾ—ਗੁਰੂ ਘਰ ਦੀ ਮਰਿਆਦਾ ਅਤੇ ਸਿੱਖ ਪਰੰਪਰਾਵਾਂ ਦਾ ਸਤਿਕਾਰ ਯਕੀਨੀ ਬਣਾਇਆ ਜਾਵੇ; ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਸਟੈਂਡ ਲੈਣ ਦੀ ਮੰਗ
ਪੰਜਾਬ ਹੌਟਮੇਲ ਬਿਊਰੋ, ਜਲੰਧਰ। ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਦੇ ਦਾਖ਼ਲ ਹੋਣ ਦੀ ਸਿੱਖ ਤਾਲਮੇਲ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ। ਕਮੇਟੀ ਦੇ ਆਗੂਆਂ ਅਨੁਸਾਰ, ਦਿੱਲੀ ਦੇ ਜੰਤਰ-ਮੰਤਰ ਵਿਖੇ ਭਾਜਪਾ ਵਿਰੁੱਧ ਕੀਤੇ ਗਏ ਪ੍ਰਦਰਸ਼ਨ ਦੌਰਾਨ ਕੁਝ ਅੰਦੋਲਨਕਾਰੀ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਸ਼ਰਨ ਲੈਣ ਪਹੁੰਚੇ ਸਨ।

ਦੋਸ਼ ਹੈ ਕਿ ਉਨ੍ਹਾਂ ਦੇ ਪਿੱਛੇ ਆਈ ਦਿੱਲੀ ਪੁਲਿਸ ਗੁਰੂ ਘਰ ਦੇ ਅੰਦਰ ਦਾਖ਼ਲ ਹੋਈ, ਜਿਸ ਨੂੰ ਕਮੇਟੀ ਨੇ ਗੁਰਦੁਆਰੇ ਦੀ ਮਰਿਆਦਾ ਨਾਲ ਜੁੜਿਆ ਗੰਭੀਰ ਮਾਮਲਾ ਦੱਸਿਆ।
ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ ਅਤੇ ਗੁਰਵਿੰਦਰ ਸਿੰਘ ਨਾਗੀ ਨੇ ਸਾਂਝੇ ਬਿਆਨ ਵਿੱਚ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਦੱਸਦੀ ਹੈ, ਪਰ ਆਗੂਆਂ ਅਨੁਸਾਰ ਸਿੱਖ ਪਰੰਪਰਾਵਾਂ ਅਤੇ ਗੁਰੂ ਘਰਾਂ ਦੇ ਮਾਣ-ਸਨਮਾਨ ਨਾਲ ਜੁੜੇ ਮਾਮਲਿਆਂ ’ਤੇ ਉਸ ਦੀ ਭੂਮਿਕਾ ਸਵਾਲਾਂ ਦੇ ਘੇਰੇ ਵਿੱਚ ਰਹੀ ਹੈ।
ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ, ਹਰਿਦੁਆਰ ਵਿੱਚ ਗੁਰਦੁਆਰਾ ਗਿਆਨ ਗੋਦੜੀ ਅਤੇ ਗੁਰਦੁਆਰਾ ਮੰਗੂ ਮੱਠ ਨਾਲ ਜੁੜੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਭਾਜਪਾ ਦੀ ਆਲੋਚਨਾ ਕੀਤੀ।
ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਪੁਨਰ ਸੁਰਜੀਤ ਅਕਾਲੀ ਦਲ ਨੂੰ ਵੀ ਸਵਾਲ ਕੀਤਾ ਕਿ ਉਹ ਭਾਜਪਾ ਨਾਲ ਗਠਜੋੜ ਕਰਨ ਲਈ ਉਤਾਵਲੇ ਕਿਉਂ ਹਨ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅਤੇ ਪੰਥਕ ਮਸਲਿਆਂ ਨੂੰ ਧਿਆਨ ਵਿੱਚ ਰੱਖ ਕੇ ਹੀ ਸਿਆਸੀ ਫ਼ੈਸਲੇ ਲਏ ਜਾਣੇ ਚਾਹੀਦੇ ਹਨ।
ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਦੇ ਦਾਖ਼ਲੇ ਦੇ ਮਾਮਲੇ ’ਤੇ ਸਖ਼ਤ ਸਟੈਂਡ ਲਿਆ ਜਾਵੇ ਅਤੇ ਗੁਰੂ ਘਰਾਂ ਦੀ ਮਰਿਆਦਾ ਤੇ ਸਤਿਕਾਰ ਦੀ ਰੱਖਿਆ ਯਕੀਨੀ ਬਣਾਈ ਜਾਵੇ।
ਇਸ ਮੌਕੇ ਹਰਪਾਲ ਸਿੰਘ ਪਾਲੀ, ਅਮਨਦੀਪ ਸਿੰਘ ਬੱਗਾ, ਮਨਮਿੰਦਰ ਸਿੰਘ ਭਾਟੀਆ ਅਤੇ ਹਰਨੇਕ ਸਿੰਘ ਨੇਕੀ ਵੀ ਮੌਜੂਦ ਸਨ।
