Jalandhar News: ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰ ਖਿਲਾਫ਼ ਕੀਤੀ ਸਖ਼ਤ ਕਾਰਵਾਈ, ਕਾਨੂੰਨਗੋ ਮੁਅੱਤਲ
ਬੇਨਿਯਮੀਆਂ ਕਾਰਨ ਕਾਨੂੰਨਗੋ ਮੁਅੱਤਲ, ਜਾਂਚ ਸ਼ੁਰੂ- ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ ਨੂੰ ਦੁਹਰਾਇਆ
ਪੰਜਾਬ ਹੌਟਮੇਲ, ਜਲੰਧਰ। DC Jalandhar suspend Kanoon ko due to nekligence) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਹਾਲ ਹੀ ਵਿੱਚ ਪਟਵਾਰੀ ਤੋਂ ਕਾਨੂੰਨਗੋ ਪਦਉਨੱਤ ਹੋਏ ਵਰਿੰਦਰ ਕੁਮਾਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਲੋਂ ਕਾਨੂੰਨਗੋ ਵਰਿੰਦਰ ਕੁਮਾਰ ਨੂੰ ਮੁਅੱਤਲ ਕਰਦਿਆਂ ਉਸ ਪਾਸੋਂ ਸ਼ਾਹਕੋਟ ਦੇ ਸਬ-ਰਜਿਸਟਰਾਰ ਦਾ ਚਾਰਜ ਵੀ ਵਾਪਿਸ ਲੈ ਲਿਆ ਗਿਆ ਹੈ। ਇਹ ਕਾਰਵਾਈ ਬੇਨਿਯਮੀਆਂ ਕਰਨ ਸਬੰਧੀ ਸ਼ਿਕਾਇਤ ਮਿਲਣ ਉਪਰੰਤ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁਅੱਤਲੀ ਸਮੇਂ ਦੌਰਾਨ ਤਹਿਸੀਲ ਸ਼ਾਹਕੋਟ ਵਰਿੰਦਰ ਕੁਮਾਰ ਦਾ ਹੈਡਕੁਆਰਟਰ ਹੋਵੇਗਾ। ਉਨ੍ਹਾਂ ਦੱਸਿਆ ਕਿ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਧਿਕਾਰੀਆਂ ਵਲੋਂ ਕੀਤੀਆਂ ਜਾਣ ਵਾਲੀਆਂ ਅਜਿਹੀਆਂ ਗੈਰ-ਜਿੰਮੇਵਾਰਾਨਾ ਕਾਰਵਾਈਆਂ ਸਹਿਣਯੋਗ ਨਹੀਂ ਹਨ।
ਉਨ੍ਹਾਂ ਕਿਹਾ ਕਿ ਜਲੰਧਰ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਮਰਪਿਤ ਹੈ। ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਗਰਮ ਸਹਿਯੋਗ ਦੇਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਭ੍ਰਿਸ਼ਟ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਸੂਚਨਾ ਦਿੱਤੀ ਜਾਵੇ।
ਉਨ੍ਹਾਂ ਭਰੋਸਾ ਦੁਆਇਆ ਕਿ ਬੇਨਿਯਮੀਆਂ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਮੁਅੱਤਲੀ ਜਿਥੇ ਭ੍ਰਿਸ਼ਟ ਗਤੀਵਿਧੀਆਂ ’ਚ ਲਿਪਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਚਿਤਾਵਨੀ ਦਾ ਕੰਮ ਕਰੇਗੀ, ਉਥੇ ਹੀ ਲੋਕਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸੰਜੀਦਾ ਉਪਰਾਲਿਆਂ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗੀ।